ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਭਾਰੀ ਰੋਸ ਫੈਲ ਗਿਆ ਹੈ। ਸਿੱਖ ਭਾਈਚਾਰੇ ਨੇ ਇਸ ਬਿਆਨ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਦਾ ਅਪਮਾਨ ਕਰਾਰ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਤਿਸ਼ੀ ਦੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਟਿੱਪਣੀ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿੱਚ ਮਹਾਨ ਸ਼ਹਾਦਤ ਦਿੱਤੀ ਸੀ, ਜਿਸਨੂੰ ਸਾਰਾ ਸੰਸਾਰ ਸਤਿਕਾਰ ਨਾਲ ਯਾਦ ਕਰਦਾ ਹੈ।
ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ। ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਸਪਸ਼ਟੀਕਰਨ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਵਿਆਪਕ ਵਿਰੋਧ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧੰਨਵਾਦ ਮਤਾ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਚਰਚਾ ਸਮੇਂ ਆਤਿਸ਼ੀ ਵੱਲੋਂ “ਪ੍ਰਦੂਸ਼ਣ ’ਤੇ ਗੱਲ ਕਰਨ” ਵਾਲੀ ਟਿੱਪਣੀ ਨੂੰ ਮੰਤਰੀਆਂ ਨੇ ਗੁਰੂ ਸਾਹਿਬ ਦਾ ਅਪਮਾਨ ਕਰਾਰ ਦਿੱਤਾ। ਕਪਿਲ ਮਿਸ਼ਰਾ ਸਮੇਤ ਕਈ ਆਗੂਆਂ ਨੇ ਇਸ ਬਿਆਨ ਨੂੰ ਸ਼ਰਮਨਾਕ ਦੱਸਿਆ।
ਇਸ ਮਾਮਲੇ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਗੁੱਸਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਧਾਰਮਿਕ ਮੁੱਦਿਆਂ ’ਤੇ ਬਿਆਨ ਦਿੰਦਿਆਂ ਰਾਜਨੀਤਿਕ ਆਗੂ ਮਰਿਆਦਾ ਅਤੇ ਸਤਿਕਾਰ ਦਾ ਧਿਆਨ ਰੱਖਣ।







