ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰੇ ਦੀ ਇੰਟੈਲੀਜੈਂਸ ਰਿਪੋਰਟ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ। ਕੇਂਦਰੀ ਏਜੰਸੀ ਤੋਂ ਮਿਲੀ ਗੁਪਤ ਜਾਣਕਾਰੀ ਦੇ ਆਧਾਰ ’ਤੇ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਵੱਲੋਂ ਜਾਰੀ ਈ-ਮੇਲ ਵਿੱਚ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਮਜੀਠੀਆ ਨੂੰ ਨਿਸ਼ਾਨਾ ਬਣਾ ਸਕਦਾ ਹੈ।

ਇਸ ਚੇਤਾਵਨੀ ਤੋਂ ਬਾਅਦ ਸਪੈਸ਼ਲ ਡੀਜੀਪੀ (ਸੁਰੱਖਿਆ), ਏਡੀਜੀਪੀ (ਜੇਲ੍ਹ) ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਸਮੇਤ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਸੁਰੱਖਿਆ ਕੜੀ ਕਰਨ ਦੇ ਹੁਕਮ ਦਿੱਤੇ ਗਏ ਹਨ। ਜੇਲ੍ਹ ਅੰਦਰ–ਬਾਹਰ ਸਖ਼ਤ ਨਿਗਰਾਨੀ ਰੱਖਣ, ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਹਰ ਗਤੀਵਿਧੀ ’ਤੇ ਤਿੱਖੀ ਨਜ਼ਰ ਬਣਾਈ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਣਕਾਰੀ ਦੀ ਸੰਵੇਦਨਸ਼ੀਲਤਾ ਦੇ ਚਲਦੇ ਇਸਨੂੰ ਗੁਪਤ ਰੱਖਣ ਲਈ ਵੀ ਕਿਹਾ ਗਿਆ ਹੈ।







