ਪੰਜਾਬ ਵਿੱਚ ਮੌਸਮ ਦੀ ਸਥਿਤੀ ਵਿੱਚ ਫਿਲਹਾਲ ਕੋਈ ਵੱਡੀ ਤਬਦੀਲੀ ਨਹੀਂ ਆ ਰਹੀ। ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰਨ ਦਾ ਅਹਿਮ ਫੈਸਲਾ ਲਿਆ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਵੱਧ ਰਹੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸੂਬੇ ਦੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ…
— Harjot Singh Bains (@harjotbains) January 7, 2026
ਉੱਥੇ ਹੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪਹਾੜੀ ਖੇਤਰਾਂ ਵਿੱਚ ਜਾਰੀ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਕੜਾਕੇ ਦੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।
ਮੌਸਮ ਕੇਂਦਰ ਮੁਤਾਬਕ ਪਿਛਲੇ ਦਿਨਾਂ ਦੌਰਾਨ ਪੱਛਮੀ ਗੜਬੜੀ ਸਰਗਰਮ ਰਹੀ, ਜਿਸਦਾ ਅਸਰ ਪੱਛਮੀ ਹਿਮਾਲੀਅਨ ਖੇਤਰਾਂ ਸਮੇਤ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਿਆ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖ਼ਰਾਬ ਬਣਿਆ ਰਹਿਣ ਦੀ ਸੰਭਾਵਨਾ ਹੈ।







