ਮੁੱਖ ਮੰਤਰੀ ਮਾਨ ਦੀ ਅਕਾਲ ਤਖ਼ਤ ਜਥੇਦਾਰ ਨੂੰ ਅਪੀਲ, ਸਪੱਸ਼ਟੀਕਰਨ ਦੌਰਾਨ ਲਾਈਵ ਟੈਲੀਕਾਸਟ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਆਪਣਾ ਸਪੱਸ਼ਟੀਕਰਨ ਪੇਸ਼ ਕਰਨਗੇ, ਉਸ ਸਮੇਂ ਪੂਰੀ ਕਾਰਵਾਈ ਦਾ ਲਾਈਵ ਟੈਲੀਕਾਸਟ ਕੀਤਾ ਜਾਵੇ। ਇਹ ਅਪੀਲ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਟਵੀਟ ਰਾਹੀਂ ਸਾਂਝੀ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੁਨੀਆ ਭਰ ਤੋਂ ਸੰਗਤਾਂ ਵੱਲੋਂ ਉਨ੍ਹਾਂ ਨੂੰ ਸੁਨੇਹੇ ਮਿਲ ਰਹੇ ਹਨ ਕਿ ਗੋਲਕ ਨਾਲ ਜੁੜੇ ਹਿਸਾਬ-ਕਿਤਾਬ ਅਤੇ ਸਪੱਸ਼ਟੀਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇ ਲਾਈਵ ਪ੍ਰਸਾਰਣ ਕੀਤਾ ਗਿਆ ਤਾਂ ਸੰਗਤ ਹਰ ਪਲ ਅਤੇ ਹਰ ਪੈਸੇ ਦੇ ਹਿਸਾਬ ਨਾਲ ਸਿੱਧੀ ਤਰ੍ਹਾਂ ਜੁੜੀ ਰਹੇਗੀ। ਮਾਨ ਨੇ ਇਹ ਵੀ ਕਿਹਾ ਕਿ ਉਹ 15 ਜਨਵਰੀ ਨੂੰ ਸਬੂਤਾਂ ਸਮੇਤ ਪੇਸ਼ ਹੋਣਗੇ।

ਦੂਜੇ ਪਾਸੇ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਮੁੱਖ ਮੰਤਰੀ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਪੱਤਰ ਅਨੁਸਾਰ, ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਦੀ ਸਰਬਉੱਚਤਾ, ਮਰਿਆਦਾ ਅਤੇ ਗੁਰੂ ਦੀ ਗੋਲਕ ਬਾਰੇ ਕੀਤੀਆਂ ਕੁਝ ਟਿੱਪਣੀਆਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਦੇ ਨਾਲ ਹੀ ਕੁਝ ਵੀਡੀਓਜ਼ ਦਾ ਵੀ ਹਵਾਲਾ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਵਿਹਾਰ ਦੇ ਦੋਸ਼ ਲਗਾਏ ਗਏ ਹਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸਿੱਖ ਰਵਾਇਤਾਂ ਅਨੁਸਾਰ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਦੇ ਸਾਹਮਣੇ ਪੇਸ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਅਕਾਲ ਤਖ਼ਤ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ। ਜਥੇਦਾਰ ਨੇ ਇਹ ਵੀ ਕਿਹਾ ਕਿ ਇਤਰਾਜ਼ਯੋਗ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ ਸਾਬਤ ਹੋਣ ਦੀ ਸਥਿਤੀ ਵਿੱਚ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਅਤੇ ਸਿੱਖ ਭਾਈਚਾਰੇ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ। ਹੁਣ ਸਾਰਿਆਂ ਦੀ ਨਜ਼ਰ 15 ਜਨਵਰੀ ’ਤੇ ਟਿਕੀ ਹੋਈ ਹੈ, ਜਦੋਂ ਇਹ ਸਪੱਸ਼ਟ ਹੋਵੇਗਾ ਕਿ ਕੀ ਮੁੱਖ ਮੰਤਰੀ ਦਾ ਸਪੱਸ਼ਟੀਕਰਨ ਲਾਈਵ ਟੈਲੀਕਾਸਟ ਕੀਤਾ ਜਾਂਦਾ ਹੈ ਅਤੇ ਅਕਾਲ ਤਖ਼ਤ ਵੱਲੋਂ ਅਗਲਾ ਕਿਹੜਾ ਫੈਸਲਾ ਲਿਆ ਜਾਂਦਾ ਹੈ।

Arbide World
Author: Arbide World

Leave a Comment