Punjab News: ਅਕਾਲ ਤਖ਼ਤ ਸਾਹਿਬ ਦਾ ਇਤਿਹਾਸਕ ਫੈਸਲਾ: 328 ਸਰੂਪਾਂ, ਫਿਲਮਾਂ ਤੇ ਅਨੰਦ ਕਾਰਜਾਂ ਬਾਰੇ ਵੱਡਾ ਐਲਾਨ, ਸਰਕਾਰ ਨੂੰ ਚੇਤਾਵਨੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਪੰਜ ਸਿੰਘ ਸਾਹਿਬਾਨ ਦੀ ਇੱਕ ਅਹਿਮ ਬੈਠਕ ਆਯੋਜਿਤ ਕੀਤੀ ਗਈ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ, ਫਿਲਮਾਂ ਦੇ ਨਿਰਮਾਣ ਅਤੇ ਗੁਰਦੁਆਰਾ ਸਾਹਿਬ ਤੋਂ ਇਲਾਵਾ ਹੋਰ ਥਾਵਾਂ ’ਤੇ ਅਨੰਦ ਕਾਰਜ ਕਰਵਾਉਣ ਸਬੰਧੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਕੇ ਅਹਿਮ ਫੈਸਲੇ ਕੀਤੇ ਗਏ। ਇਸ ਬੈਠਕ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ, ਸੰਵਿਧਾਨਕ ਅਤੇ ਸਰਵੋਚ ਧਾਰਮਿਕ ਸੰਸਥਾ ਹੈ ਅਤੇ ਕਿਸੇ ਵੀ ਸਰਕਾਰ ਨੂੰ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ। ਇਸ ਮੌਕੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਜਾਰੀ ਰਹੀ ਤਾਂ ਸਿੱਖ ਪਰੰਪਰਾਵਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
328 ਪਵਿੱਤਰ ਸਰੂਪਾਂ ਦੇ ਮਸਲੇ ’ਤੇ ਪੰਜ ਸਿੰਘ ਸਾਹਿਬਾਨ ਨੇ ਇਹ ਮਤ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਰਕਾਰ ਜਾਂ ਪੁਲਿਸ ਦੇ ਦਾਇਰੇ ਵਿੱਚ ਨਹੀਂ ਆਉਂਦਾ, ਸਗੋਂ ਇਸਦਾ ਨਿਪਟਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਮਾਧਿਅਮ ਨਾਲ ਹੀ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਸਰਕਾਰੀ ਜਾਂ ਪੁਲਿਸ ਦਖ਼ਲ ਸਿੱਖ ਪੰਥ ਦੇ ਹਿੱਤ ਵਿੱਚ ਨਹੀਂ ਹੈ।
ਬੈਠਕ ਵਿੱਚ ਅਨੰਦ ਕਾਰਜਾਂ ਸਬੰਧੀ ਹੁਕਮਾਂ ਨੂੰ ਦੁਹਰਾਉਂਦਿਆਂ ਸਪੱਸ਼ਟ ਕੀਤਾ ਗਿਆ ਕਿ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਬੀਚਾਂ, ਫਾਰਮ ਹਾਊਸਾਂ ਜਾਂ ਹੋਰ ਕਿਸੇ ਵੀ ਵਪਾਰਕ ਸਥਾਨ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ ਕਰਵਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਧਾਰਮਿਕ ਕਾਰਵਾਈ ਕੀਤੀ ਜਾਵੇਗੀ।
ਫਿਲਮਾਂ ਅਤੇ ਡਿਜ਼ੀਟਲ ਸਮੱਗਰੀ ਨੂੰ ਲੈ ਕੇ ਵੀ ਅਹਿਮ ਫੈਸਲਾ ਕੀਤਾ ਗਿਆ। ਪੰਜ ਸਿੰਘ ਸਾਹਿਬਾਨ ਨੇ ਦੱਸਿਆ ਕਿ ਸਿੱਖ ਮਹਾਂਪੁਰਖਾਂ, ਸ਼ਹੀਦਾਂ, ਸਿੱਖ ਇਤਿਹਾਸ ਅਤੇ ਸਿੱਖ ਰਸਮਾਂ ’ਤੇ ਆਧਾਰਿਤ ਕਿਸੇ ਵੀ ਕਿਸਮ ਦੀ ਫਿਲਮ, ਐਨੀਮੇਸ਼ਨ ਜਾਂ ਏਆਈ ਤਕਨੀਕ ਨਾਲ ਬਣੀ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵੱਡੇ ਫਿਲਮ ਨਿਰਮਾਤਾਵਾਂ ਨੂੰ ਲਿਖਤੀ ਤੌਰ ’ਤੇ ਸੂਚਿਤ ਕੀਤਾ ਜਾਵੇ, ਤਾਂ ਜੋ ਬਿਨਾਂ ਮਨਜ਼ੂਰੀ ਸਿੱਖ ਇਤਿਹਾਸ ਨਾਲ ਜੁੜੀ ਕੋਈ ਵੀ ਫਿਲਮ ਤਿਆਰ ਨਾ ਕੀਤੀ ਜਾਵੇ।







