ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੋਹਾਲੀ ਪੁਲਿਸ ਨੇ ਸਾਵਧਾਨੀ ਵਜੋਂ ਮੋਹਾਲੀ ਅਦਾਲਤੀ ਕੰਪਲੈਕਸ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਇਲਾਕਾ ਖਾਲੀ ਕਰਵਾ ਦਿੱਤਾ ਹੈ।
ਜਾਣਕਾਰੀ ਮੁਤਾਬਕ ਫਿਰੋਜ਼ਪੁਰ, ਮੋਗਾ ਤੋਂ ਬਾਅਦ ਰੋਪੜ, ਲੁਧਿਆਣਾ ਅਤੇ ਫਰੀਦਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਨੂੰ ਵੀ ਬੰਬ ਧਮਕੀ ਮਿਲੀ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੂੰ ਵੀ ਧਮਕੀ ਮਿਲਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੁਰੱਖਿਆ ਏਜੰਸੀਆਂ ਵਿੱਚ ਹਲਚਲ ਮਚ ਗਈ ਹੈ।
ਪੁਲਿਸ ਸੂਤਰਾਂ ਅਨੁਸਾਰ ਇਹ ਧਮਕੀ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਈਮੇਲ ਐਡਰੈਸ ‘ਤੇ ਭੇਜੀ ਗਈ ਹੈ। ਧਮਕੀ ਮਿਲਦੇ ਹੀ ਅਦਾਲਤੀ ਕੰਪਲੈਕਸ ਅਤੇ ਪਾਰਕਿੰਗ ਏਰੀਆ ਨੂੰ ਖਾਲੀ ਕਰਵਾਇਆ ਗਿਆ ਅਤੇ ਪੁਲਿਸ ਦੀਆਂ ਕਈ ਟੀਮਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਫਿਲਹਾਲ ਈਮੇਲ ਭੇਜਣ ਵਾਲੇ ਜਾਂ ਸਮੱਗਰੀ ਬਾਰੇ ਅਧਿਕਾਰਿਕ ਤੌਰ ‘ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਵੀ ਇਸ ਤਰ੍ਹਾਂ ਦੀ ਬੰਬ ਧਮਕੀ ਮਿਲ ਚੁੱਕੀ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।






