Punjab News: 328 ਲਾਪਤਾ ਸਰੂਪ ਮਾਮਲਾ: ਮੁੱਖ ਮੰਤਰੀ ਮਾਨ ਦਾ ਸਖ਼ਤ ਰੁਖ਼, ਜਾਂਚ ਲਈ SIT ਗਠਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਹ ਆਪਣੇ ਗਲਤ ਕੰਮਾਂ ਤੋਂ ਬਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਲਾਂ ਤੋਂ ਸਿੱਖ ਭਾਈਚਾਰੇ ਲਈ ਡੂੰਘੀ ਪੀੜ ਦਾ ਕਾਰਨ ਬਣਿਆ ਹੋਇਆ ਹੈ, ਪਰ ਹੁਣ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਪੰਥਕ ਜਥੇਬੰਦੀਆਂ ਦੀ ਲਗਾਤਾਰ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਐਫ਼ਆਈਆਰ ਦਰਜ ਕਰਕੇ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕੀਤੀ ਹੈ।
ਮਾਨ ਨੇ ਦੋਸ਼ ਲਗਾਇਆ ਕਿ SGPC ਨੇ ਆਪਣੇ ਹੀ ਪਹਿਲਾਂ ਪਾਸ ਕੀਤੇ ਮਤਿਆਂ ’ਤੇ ਅਮਲ ਨਹੀਂ ਕੀਤਾ ਅਤੇ ਪ੍ਰਭਾਵਸ਼ਾਲੀ ਲੋਕਾਂ ਨੂੰ ਬਚਾਉਣ ਲਈ ਬਾਅਦ ਵਿੱਚ ਫੈਸਲੇ ਵਾਪਸ ਲੈ ਲਏ। ਉਨ੍ਹਾਂ ਕਿਹਾ ਕਿ ਗੋਲਕ ਦੀ ਰਕਮ ਦੀ ਦੁਰਵਰਤੋਂ ਅਤੇ ਕਈ ਬੇਨਿਯਮੀਆਂ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਹੋਈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਕਰ ਰਹੀ, ਸਗੋਂ ਲਾਪਤਾ ਸਰੂਪਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣਾ ਉਸਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ SIT ਤੋਂ ਡਰ ਕਾਰਨ ਹੀ SGPC ਅਤੇ ਅਕਾਲੀ ਲੀਡਰਸ਼ਿਪ ਸਰਕਾਰ ’ਤੇ ਬੇਬੁਨਿਆਦ ਦੋਸ਼ ਲਗਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ 328 ਸਰੂਪਾਂ ਦੇ ਲਾਪਤਾ ਹੋਣ ਨਾਲ ਹਰ ਸਿੱਖ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਮਾਮਲੇ ਵਿੱਚ ਸੱਚ ਸਾਹਮਣੇ ਆਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ।







